ਹੁਣ ਤੱਕ 346356 ਮੀਟ੍ਰਿਕ ਟਨ ਝੋਨਾ ਮੰਡੀਆਂ ’ਚ ਪੁੱਜਾ : ਡੀ. ਸੀ.

ਹੁਸ਼ਿਆਰਪੁਰ (ਚੰਦਰ ਪਾਲ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਦੀਆਂ 62 ਮੰਡੀਆਂ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 346356 ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਿਆ ਹੈ, ਜਿਸ ਵਿਚੋਂ 346006 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 107692, ਮਾਰਕਫੈੱਡ ਵੱਲੋਂ 66644, ਪਨਸਪ ਵੱਲੋਂ 58060, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 31601, ਪੰਜਾਬ ਐਗਰੋ ਵੱਲੋਂ 32175, ਐੱਫ. ਸੀ. ਆਈ. ਵੱਲੋਂ 44926 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4908 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ 508.240 ਕਰੋਡ਼ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡੀ. ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਜਿੱਥੇ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤੀ ਜਾ ਰਹੀ ਹੈ, ਉਥੇ ਹੀ ਲਿਫਟਿੰਗ ਦਾ ਕੰਮ ਵੀ ਸੁਚੱਜੇ ਤਰੀਕੇ ਨਾਲ ਚੱਲ ਰਿਹਾ ਹੈ। ਜ਼ਿਲੇ ਵਿਚ ਹੁਣ ਤੱਕ 300908 ਮੀਟ੍ਰਿਕ ਟਨ (96 ਫੀਸਦੀ) ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਵਿਚ ਜ਼ਿਲਾ ਪ੍ਰਸ਼ਾਸਨ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਖਰੀਦ ਪ੍ਰਬੰਧਾਂ ਨਾਲ ਜੁਡ਼ੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਂਦੀ ਜਾਵੇ।